ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜੇਗੀ। ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ‘ਤੇ ਇਹ ਖੁਲਾਸਾ ਕੀਤਾ ਹੈ। ਉਨ੍ਹਾਂ ਇਹ ਵੀ ਲਿਖਿਆ ਕਿ ਅਜਿਹੀਆਂ ਅਟਕਲਾਂ ‘ਤੇ ਰੋਕ ਲੱਗਣੀ ਚਾਹੀਦੀ ਹੈ। ਨਵਜੋਤ ਸਿੱਧੂ ਨੇ ਟਵਿੱਟਰ ‘ਤੇ ਟਵੀਟ ਕੀਤਾ ਕਿ ਉਹ ਅੱਜ ਯਮੁਨਾਨਗਰ ‘ਚ ਡਾ: ਰੁਪਿੰਦਰ ਨੂੰ ਮਿਲੇ। ਪਤਨੀ (ਡਾ. ਨਵਜੋਤ ਕੌਰ) ਦਾ ਅਜੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ, ਜੋ ਕੁਝ ਮਹੀਨੇ ਚੱਲੇਗਾ। ਇਨ੍ਹਾਂ ਹਾਲਾਤਾਂ ਵਿੱਚ ਸਿਰਫ ਉਨ੍ਹਾਂ ਦੀ ਸਿਹਤ ਅਤੇ ਰਿਕਵਰੀ ‘ਤੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਬਾਰੇ ਵੀ ਅਟਕਲਾਂ ਬੰਦ ਹੋਣੀਆਂ ਚਾਹੀਦੀਆਂ ਹਨ।
ਜ਼ਿਕਰਯੋਗ ਹੈ ਕਿ ਨਵਜੋਤ ਕੌਰ ਵੱਲੋਂ ਪਟਿਆਲਾ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ ਆਗਾਮੀ ਲੋਕ ਸਭਾ ਚੋਣਾਂ ਲੜਨ ਦੀ ਚਰਚਾ ਸੀ ਕਿਉਂਕਿ ਕਾਂਗਰਸ ਨੇ ਇਸ ਸੀਟ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਅਗਲੀਆਂ ਚੋਣਾਂ ‘ਚ ਉਨ੍ਹਾਂ ਨੂੰ ਪਾਰਟੀ ਤੋਂ ਟਿਕਟ ਨਹੀਂ ਮਿਲੇਗੀ।