ਭਾਰਤ ਦੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਹਰਿਆਣਾ ਪੁਲਿਸ ਨੇ ਅਨੁਸੂਚਿਤ ਜਾਤੀ ਦੇ ਸੰਬੰਧ ਵਿੱਚ ਸੋਸ਼ਲ ਮੀਡੀਆ ਉੱਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਲਈ ਗ੍ਰਿਫਤਾਰ ਕੀਤਾ ਸੀ। ਹਾਲਾਂਕਿ, ਉਸ ਨੂੰ ਕੁੱਝ ਸਮੇਂ ਬਾਅਦ ਅੰਤਰਿਮ ਜ਼ਮਾਨਤ ‘ਤੇ ਰਿਹਾਅ ਵੀ ਕਰ ਦਿੱਤਾ ਗਿਆ। ਯੁਵਰਾਜ ਸਿੰਘ ਨੇ ਪਿਛਲੇ ਸਾਲ ਲੌਕਡਾਊਨ ਦੌਰਾਨ ਕ੍ਰਿਕਟਰ ਰੋਹਿਤ ਸ਼ਰਮਾ ਨਾਲ ਇੰਸਟਾਗ੍ਰਾਮ ‘ਤੇ ਗੱਲਬਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਯਜੁਵੇਂਦਰ ਚਾਹਲ ਲਈ ਇਤਰਾਜ਼ਯੋਗ ਸ਼ਬਦ ਦੀ ਵਰਤੋਂ ਕੀਤੀ। ਇਸ ਤੋਂ ਬਾਅਦ ਯੁਵੀ ਦੇ ਖਿਲਾਫ ਐਸਸੀ/ਐਸਟੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਪੁਲਿਸ ਨੇ ਸ਼ੁਰੂ ਵਿੱਚ ਯੁਵਰਾਜ ਸਿੰਘ ਦੀ ਗ੍ਰਿਫਤਾਰੀ ਦੇ ਮਾਮਲੇ ਨੂੰ ਗੁਪਤ ਰੱਖਿਆ ਸੀ। ਯੁਵਰਾਜ ਨੂੰ ਸ਼ਨੀਵਾਰ ਨੂੰ ਹਰਿਆਣਾ ਦੀ ਹਾਂਸੀ ਪੁਲਿਸ ਨੇ ਗ੍ਰਿਫਤਾਰ ਕੀਤਾ ਅਤੇ ਜਾਂਚ ਵਿੱਚ ਸ਼ਾਮਿਲ ਕੀਤਾ ਸੀ। ਇਸ ਤੋਂ ਬਾਅਦ ਐਤਵਾਰ ਦੇਰ ਰਾਤ ਉਸ ਦੀ ਗ੍ਰਿਫਤਾਰੀ ਬਾਰੇ ਜਾਣਕਾਰੀ ਸਾਹਮਣੇ ਆਈ। ਪੁਲਿਸ ਨੇ ਹਿਸਾਰ ਵਿੱਚ ਪੁਲਿਸ ਵਿਭਾਗ ਦੇ ਗਜ਼ਟਿਡ ਅਫਸਰ ਮੈਸ ਵਿੱਚ ਬੈਠ ਕੇ ਯੁਵਰਾਜ ਤੋਂ ਪੁੱਛਗਿੱਛ ਕੀਤੀ ਅਤੇ ਕੇਸ ਨਾਲ ਜੁੜੇ ਕੁਝ ਸਵਾਲ -ਜਵਾਬ ਕੀਤੇ। ਯੁਵਰਾਜ ਸਿੰਘ ਨੂੰ ਬਾਅਦ ਵਿੱਚ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਰਸਮੀ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।
ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਯੁਵਰਾਜ ਸਿੰਘ ਨੇ ਵੀ ਬਿਆਨ ‘ਤੇ ਅਫਸੋਸ ਜਤਾਇਆ ਸੀ। ਉਨ੍ਹਾਂ ਨੇ ਟਵਿੱਟਰ ‘ਤੇ ਕਿਹਾ ਕਿ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ‘ਤੇ ਵਿਸ਼ਵਾਸ ਨਹੀਂ ਕਰਦਾ। ਇਹ ਜਾਤ, ਰੰਗ, ਲਿੰਗ ਜਾਂ ਧਰਮ ਦੇ ਅਧਾਰ ‘ਤੇ ਹੋਵੇ। ਮੈਂ ਆਪਣੀ ਜ਼ਿੰਦਗੀ ਲੋਕਾਂ ਦੀ ਬਿਹਤਰੀ ਲਈ ਸਮਰਪਿਤ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਅਜਿਹਾ ਕਰਦਾ ਰਹਾਂਗਾ। ਉਨ੍ਹਾਂ ਅੱਗੇ ਕਿਹਾ ਕਿ ਮੈਂ ਆਪਣੇ ਦੋਸਤਾਂ ਨਾਲ ਗੱਲਬਾਤ ਦੌਰਾਨ ਜੋ ਕਿਹਾ ਉਹ ਗਲਤ ਸਮਝਿਆ ਗਿਆ। ਹਾਲਾਂਕਿ, ਇੱਕ ਜ਼ਿੰਮੇਵਾਰ ਭਾਰਤੀ ਨਾਗਰਿਕ ਹੋਣ ਦੇ ਨਾਤੇ, ਮੈਂ ਇਹ ਕਹਿੰਦਾ ਹਾਂ ਕਿ ਜੇ ਮੈਂ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਤਾਂ ਮੈਂ ਇਸ ਲਈ ਮੁਆਫੀ ਮੰਗਦਾ ਹਾਂ।
ਇਸ ਦੇ ਨਾਲ ਹੀ ਸ਼ਿਕਾਇਤਕਰਤਾ ਰਜਤ ਕਲਸਨ ਨੇ ਯੁਵਰਾਜ ਸਿੰਘ ਨੂੰ ਹਰਿਆਣਾ ਪੁਲਿਸ ਵੱਲੋਂ ਵੀਆਈਪੀ ਟਰੀਟਮੈਂਟ ਦੇਣ ਦਾ ਦੋਸ਼ ਲਗਾਇਆ ਹੈ। ਰਜਤ ਨੇ ਕਿਹਾ ਕਿ ਅਸੀਂ ਯੁਵਰਾਜ ਸਿੰਘ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਅਗਲੀ ਸੁਣਵਾਈ ਅਦਾਲਤ ਵਿੱਚ ਹੋਵੇਗੀ। ਹੁਣ ਹਾਂਸੀ ਪੁਲਿਸ ਯੁਵਰਾਜ ਸਿੰਘ ਦੇ ਖਿਲਾਫ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਦੱਸ ਦੇਈਏ ਕਿ ਜੂਨ 2020 ਵਿੱਚ ਰਜਤ ਕਲਸਨ ਨੇ ਹਾਂਸੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ, ਉਸ ਤੋਂ ਬਾਅਦ ਫਰਵਰੀ 2021 ਵਿੱਚ ਕੇਸ ਦਰਜ ਕੀਤਾ ਗਿਆ ਸੀ। ਹਾਂਸੀ ਪੁਲਿਸ ਦੇ ਪੀਆਰਓ ਸੁਭਾਸ਼ ਕੁਮਾਰ ਨੇ ਦੱਸਿਆ ਕਿ ਯੁਵਰਾਜ ਸਿੰਘ ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।