ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਜੈੱਡ ਸੁਰੱਖਿਆ ਵਾਪਿਸ ਕਰ ਦਿੱਤੀ ਹੈ। ਹਾਲ ਹੀ ‘ਚ ਉਨ੍ਹਾਂ ਨੇ ਕੇਂਦਰ ਨੂੰ ਪੱਤਰ ਲਿਖ ਕੇ ਸੁਰੱਖਿਆ ਵਾਪਿਸ ਲੈਣ ਦੀ ਬੇਨਤੀ ਕੀਤੀ ਸੀ। ਹੁਣ ਕੇਂਦਰ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਹੇਠ ਤਾਇਨਾਤ ਕਮਾਂਡੋ ਅਤੇ ਸੁਰੱਖਿਆ ਮੁਲਾਜ਼ਮਾਂ ਨੂੰ ਵਾਪਿਸ ਬੁਲਾ ਲਿਆ ਹੈ।
ਸੂਬਾ ਸਰਕਾਰ ਨੇ ਜਥੇਦਾਰ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ਵੀ ਦਿੱਤੀ ਹੋਈ ਹੈ। ਹੁਣ ਉਨ੍ਹਾਂ ਦੀ ਸੁਰੱਖਿਆ ਲਈ ਸਿਰਫ਼ ਪੰਜਾਬ ਪੁਲਿਸ ਦੇ ਜਵਾਨ ਹੀ ਤਾਇਨਾਤ ਰਹਿਣਗੇ। ਹੁਣ ਤੱਕ ਉਨ੍ਹਾਂ ਦੀ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਬਲ ਦੇ ਜਵਾਨ ਤਾਇਨਾਤ ਸਨ। ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ 20 ਦੇ ਕਰੀਬ ਮੁਲਾਜ਼ਮ ਤਾਇਨਾਤ ਸਨ, ਜਿਨ੍ਹਾਂ ਨੂੰ ਹੁਣ ਘਟਾ ਦਿੱਤਾ ਗਿਆ ਹੈ। ਜੂਨ 2022 ਵਿੱਚ, ਕੇਂਦਰ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਸੀ। ਹਾਲਾਂਕਿ ਉਦੋਂ ਵੀ ਗਿਆਨੀ ਹਰਪ੍ਰੀਤ ਸਿੰਘ ਨੇ ਸੁਰੱਖਿਆ ਦੇਣ ਦਾ ਵਿਰੋਧ ਕੀਤਾ ਸੀ। ਉਨ੍ਹਾਂ ਦੇ ਇਨਕਾਰ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ 6 ਸਿਪਾਹੀ ਭੇਜੇ ਸਨ।
ਕਰੀਬ ਦੋ ਸਾਲ ਪਹਿਲਾਂ ਸੀਐਮ ਭਗਵੰਤ ਮਾਨ ਦੀ ਸਰਕਾਰ ਨੇ ਉਨ੍ਹਾਂ ਦੀ ਵੀਆਈਪੀ ਸੁਰੱਖਿਆ ਘਟਾ ਦਿੱਤੀ ਸੀ। ਸੁਰੱਖਿਆ ਘਟਾਏ ਜਾਣ ‘ਤੇ ਵਿਰੋਧ ਹੋਇਆ ਸੀ, ਇੱਥੋਂ ਤੱਕ ਕਿ ਸ਼੍ਰੋਮਣੀ ਕਮੇਟੀ ਨੇ ਵੀ ਇਸ ‘ਤੇ ਨਾਰਾਜ਼ਗੀ ਪ੍ਰਗਟਾਈ ਸੀ।