ਵੀਰਵਾਰ ਨੂੰ ਤਾਮਿਲਨਾਡੂ ਦੇ ਨਵੇਂ ਬਣੇ ਮੁੱਖ ਮੰਤਰੀ ਅਤੇ ਡੀਐਮਕੇ ਸੁਪਰੀਮੋ ਐਮ ਕੇ ਸਟਾਲਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ, ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਬਹੁਤ ਤਸੱਲੀਬਖਸ਼ ਹੈ। ਸਟਾਲਿਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਰਾਜ ਦੇ ਵਿਕਾਸ ਵਿੱਚ ਸਹਾਇਤਾ ਅਤੇ ਸਹਿਯੋਗ ਦਾ ਪੂਰਾ ਭਰੋਸਾ ਦਿੱਤਾ ਹੈ। ਤਾਮਿਲਨਾਡੂ ਦੇ ਸੀ.ਐੱਮ. ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਕਿਸੇ ਵੀ ਸਮੇਂ ਤਾਮਿਲਨਾਡੂ ਦੇ ਮੁੱਦਿਆਂ ਬਾਰੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਬੈਠਕ ਦੇ ਦੌਰਾਨ ਤਾਮਿਲਨਾਡੂ ਦੇ ਨਵੇਂ ਬਣੇ ਮੁੱਖ ਮੰਤਰੀ ਨੇ ਅੰਦੋਲਨ ਕਰ ਰਹੇ ਕਿਸਾਨਾਂ ਦੀਆ ਮੰਗਾਂ ਦਾ ਵੀ ਜ਼ਿਕਰ ਕੀਤਾ ਹੈ।
ਇਸ ਬੈਠਕ ਦੌਰਾਨ ਸਟਾਲਿਨ ਨੇ ਤਿੰਨ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਦੀ ਵਾਪਸੀ ਦੀ ਮੰਗ ਵੀ ਰੱਖੀ ਹੈ। ਖੇਤੀਬਾੜੀ ਸੁਧਾਰ ਕਾਨੂੰਨਾਂ ਤੋਂ ਇਲਾਵਾ ਉਨ੍ਹਾਂ ਨੇ ਐਨਈਈਟੀ ਅਤੇ ਨਵੀਂ ਸਿਖਿਆ ਨੀਤੀ ਨੂੰ ਖਤਮ ਕਰਨ, ਸੇਤੁ ਸਮੁਦ੍ਰਮ ਪ੍ਰਾਜੈਕਟ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਚੇਂਗੱਲਪੱਟੂ ਕੰਪਲੈਕਸ ਵਿਖੇ ਜਲਦ ਤੋਂ ਜਲਦ ਟੀਕਾ ਉਤਪਾਦਨ ਦੀ ਸ਼ੁਰੂਆਤ ਕਰਨ ਦੀ ਮੰਗ ਰੱਖੀ ਹੈ। ਧਿਆਨ ਯੋਗ ਹੈ ਕਿ ਪਿਛਲੇ ਸਾਲ ਸੰਸਦ ਦੁਆਰਾ ਪਾਸ ਕੀਤੇ ਗਏ ਤਿੰਨ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲੱਗਭਗ ਸੱਤ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਐਮਐਸਪੀ ਨੂੰ ਕਾਨੂੰਨ ਦਾ ਹਿੱਸਾ ਬਣਾਵੇ। ਇਸਦੇ ਨਾਲ ਹੀ ਬੀਤੇ ਸਾਲ ਸਰਕਾਰ ਵੱਲੋ ਪਾਸ ਕੀਤੇ ਗਏ ਨੂੰ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ।
ਹਾਲਾਂਕਿ, ਸਰਕਾਰ ਦੀ ਦਲੀਲ ਇਹ ਹੈ ਕਿ ਇਸ ਨਾਲ ਖੇਤੀਬਾੜੀ ਦੇ ਖੇਤਰ ਵਿੱਚ ਸੁਧਾਰ ਹੋਵੇਗਾ, ਨਿੱਜੀ ਕੰਪਨੀਆਂ ਖੇਤੀਬਾੜੀ ਖੇਤਰ ਵਿੱਚ ਦਾਖਲ ਹੋਣਗੀਆਂ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਏਗਾ। ਪਰ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਰਾਹੀਂ ਉਨ੍ਹਾਂ ਨੂੰ ਸਰਮਾਏਦਾਰਾਂ ਦੇ ਰਹਿਮ ‘ਤੇ ਛੱਡ ਦੇਵੇਗੀ।